ਅੰਗ : 621
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
ਅਰਥ: ਸਰਠਿ ਮਹਲਾ ੫ ॥ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।