ਸੰਧਿਆ ਵੇਲੇ ਦਾ ਹੁਕਮਨਾਮਾ – 6 ਅਕਤੂਬਰ 2024

ਅੰਗ : 679

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

Share On Whatsapp
Leave a Reply




"1" Comment
Leave Comment
  1. waheguru ji 🙏