ਅੰਗ : 648
ਸਲੋਕੁ ਮਃ ੩ ॥
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਹਥੌੜੇ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ ਜੀ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ ॥੧॥ (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ ਜੀ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ ॥੨॥ ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਪ੍ਰਭੂ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ ॥੧੪॥