ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਪ੍ਰੈਲ 2025

ਅੰਗ : 133
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥*
*ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ।*
*(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

Share On Whatsapp
Leave a Reply