ਸੰਧਿਆ ਵੇਲੇ ਦਾ ਹੁਕਮਨਾਮਾ – 15 ਜੁਲਾਈ 2025

ਅੰਗ : 659
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਅਰਥ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ। ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧। ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨। (ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

Share On Whatsapp
Leave a Reply to Surpreet Kaur

Click here to cancel reply.




"1" Comment
Leave Comment
  1. ਵਾਹਿਗੁਰੂ ਜੀ ਮਿਹਰ ਕਰੋ 🙏🙏