ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਸਤੰਬਰ 2025

ਅੰਗ : 769
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧। ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨। ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩। ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ। ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

Share On Whatsapp
Leave a Reply to gurjit singh

Click here to cancel reply.




"2" Comments
Leave Comment
  1. satnam waheguru ji

  2. Waheguru ji. AkaL hi akaL hai