ਸੰਧਿਆ ਵੇਲੇ ਦਾ ਹੁਕਮਨਾਮਾ – 22 ਮਾਰਚ 2023

ਅੰਗ : 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ : ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Share On Whatsapp
Leave a Reply