ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਮਾਰਚ 2023

ਅੰਗ : 753

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

ਅਰਥ : ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

Share On Whatsapp
Leave a Reply




"1" Comment
Leave Comment
  1. Waheguru Ji🙏