ਅਮ੍ਰਿਤ ਵੇਲੇ ਦਾ ਹੁਕਮਨਾਮਾ – 4 ਅਪ੍ਰੈਲ 2023

ਅੰਗ : 920

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

ਅਰਥ : ਰਾਗ ਰਾਮਕਲੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ‘ਅਨੰਦ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ)। ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ॥੨੬॥

Share On Whatsapp
Leave a Reply




"1" Comment
Leave Comment
  1. SIMRANJOT SINGH

    Waheguru Ji🙏