ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਅਪ੍ਰੈਲ 2023

ਅੰਗ : 602

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਅਰਥ : ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

Share On Whatsapp
Leave a Reply




"2" Comments
Leave Comment
  1. 🙏 dhan guru nanak 🙏

  2. SIMRANJOT SINGH

    Waheguru Ji🙏