ਅੰਗ : 663
ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
ਅਰਥ : ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ।੧। ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ।੧।ਰਹਾਉ। (ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।੨। ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।੩। ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।੪।੧।੭।੯।
Waheguru Ji🙏