ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਮਈ 2023

ਅੰਗ : 525

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਅਰਥ:ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।

Share On Whatsapp
Leave a Reply




"1" Comment
Leave Comment
  1. SIMRANJOT SINGH

    Waheguru Ji🙏