ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਮਈ 2023

ਅੰਗ : 809

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।

Share On Whatsapp
Leave a Reply




"1" Comment
Leave Comment
  1. SIMRANJOT SINGH

    Waheguru Ji🙏