ਅੰਗ : 706
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
Waheguru Ji🙏