ਸੰਧਿਆ ਵੇਲੇ ਦਾ ਹੁਕਮਨਾਮਾ – 27 ਨਵੰਬਰ 2022

ਅੰਗ : 694

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ : (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

Share On Whatsapp
Leave a Reply