ਅੰਗ : 568
ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥
ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1।