ਅੰਗ : 564
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥
ਅਰਥ: ਰਾਗ ਵਡਹੰਸ , ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥ ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ! ਤੇ ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਮੇਰੀ ਹਾਲਤ ਇੰਜ ਹੈ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ। (ਹੇ ਪ੍ਰਭੂ!) ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ॥੨॥
Waheguru Ji🙏🙏